}
                                                                           

Articles

Home

ਭਾਰਤੀ ਸੰਵਿਧਾਨ 26 ਨਵੰਬਰ, 1949 ਨੂੰ ਪਾਸ ਹੋਇਆ ਸੀ।

ਭਾਰਤੀ ਸੰਵਿਧਾਨ ਨੂੰ ਤਿਆਰ ਕਰਨ ਲਈ ਇੱਕ ਕਮੇਟੀ ਬਣਾਈ ਗਈ ਜਿਸ ਵਿੱਚ ਕੁੱਲ 389 ਮੈਂਬਰ ਸਨ। ਭਾਰਤ ਦੇ ਸੰਵਿਧਾਨ ਨੂੰ ਤਿਆਰ ਕਰਨ ਵਿੱਚ 2 ਸਾਲ, 11 ਮਹੀਨੇ ਅਤੇ 18 ਦਿਨ ਲੱਗੇ। ਭਾਰਤ ਦਾ ਸੰਵਿਧਾਨ ਤਿਆਰ ਕਰਨ ਤੇ ਤਕਰੀਬਨ 6 ਕਰੋੜ (ਉਸ ਸਮੇਂ) ਰੁਪਏ ਖਰਚ ਹੋਏ। ਡਰਾਫਟਿੰਗ ਕਮੇਟੀ ਵਲੋਂ ਡਰਾਫਟ ਸੰਵਿਧਾਨ ਤਿਆਰ ਕਰਕੇ 04 ਨਵੰਬਰ, 1947 ਨੂੰ ਸੰਵਿਧਾਨ ਅੱਜ ਸਭਾ ਵਿੱਚ ਪੇਸ ਕੀਤਾ ਗਿਆ ਸੀ। ਭਾਰਤੀ ਸੰਵਿਧਾਨ ਅੱਜ ਦੇ ਦਿਨ 26 ਨਵੰਬਰ, 1949 ਨੂੰ ਸੰਵਿਧਾਨ ਅੱਜ ਸਭਾ ਵਿੱਚ ਪਾਸ ਹੋਇਆ ਸੀ।

ਅੱਜ 26 ਨਵੰਬਰ, 2020 ਨੂੰ ਪਿਛਲੇ ਕਈ ਸਾਲਾਂ ਵਾਂਗ ਅਸੀਂ ਭਾਰਤੀ ਸੰਵਿਧਾਨ ਦਿਵਸ ਮਨਾ ਰਹੇ ਹਾਂ। ਭਾਰਤ ਦਾ ਸੰਵਿਧਾਨ ਜੋਕਿ ਦੁਨੀਆ ਦਾ ਸਭਤੋਂ ਵੱਡਾ ਲਿਖਤੀ ਸੰਵਿਧਾਨ ਹੈ ਜਿਸ ਵਿੱਚ ਹੁਣ 465 ਅਨੁਛੇਦ, 12 ਅਨੁਸੂਚੀਆਂ ਹਨ ਅਤੇ ਇਹ 22 ਭਾਗਾਂ ਵਿੱਚ ਵੰਡਿਆ ਹੋਇਆ ਹੈ। ਸ਼ੁਰੂ ਵਿੱਚ ਇਸ ਵਿੱਚ 395 ਅਨੂਛੇਦ ਸਨ ਅਤੇ ਇਸ ਵਿੱਚ ਸਿਰਫ 08 ਅਨੁਸੂਚੀਆਂ ਹੀ ਸਨ ਅਤੇ ਇਹ 22 ਭਾਗਾਂ ਵਿੱਚ ਵੰਡਿਆ ਹੋਇਆ ਸੀ। ਜੇਕਰ ਭਾਰਤੀ ਸੰਵਿਧਾਨ ਦਾ ਇਤਿਹਾਸ ਵੇਖੀਏ ਤਾਂ ਸੰਵਿਧਾਨ ਬਣਾਉਣ ਦਾ ਵਿਚਾਰ ਸਭ ਤੋਂ ਪਹਿਲਾਂ ਅੰਤਰਰਾਸ਼ਟਰੀ ਮਸ਼ਹੂਰ ਕ੍ਰਾਂਤੀਕਾਰੀ ਕਾਮਰੇਡ ਐਮ ਐਨ ਰਾਓ ਨੇ 1934 ਵਿੱਚ ਦਿੱਤਾ ਸੀ ਜਿਸਨੂੰ ਕਾਂਗਰਸ ਨੇ 1935 ਵਿੱਚ ਸਵਿਕਾਰ ਕਰ ਲਿਆ। 1940 ਵਿੱਚ ਬਰਤਾਨੀਆ ਸਰਕਾਰ ਨੇ ਇੱਕ ਪ੍ਰਸਤਾਵ ਪੇਸ ਕੀਤਾ ਜਿਸਨੂੰ ਅਗੱਸਤ ਆਫਰ ਵੀ ਕਿਹਾ ਜਾਂਦਾ ਹੈ ਜਿਸ ਵਿੱਚ ਭਾਰਤ ਵਾਸੀਆਂ ਵਲੋਂ ਅਪਣਾ ਸੰਵਿਧਾਨ ਬਣਾਉਣ ਨੂੰ ਮਾਨਤਾ ਦੇਣਾ ਵੀ ਸ਼ਾਮਿਲ ਸੀ। ਦੂਜੇ ਵਿਸ਼ਵ ਯੁੱਧ ਵਿੱਚ ਭਾਰਤੀਆਂ ਨੇ ਬਰਤਾਨੀਆ ਸਰਕਾਰ ਦੀ ਮੱਦਦ ਕੀਤੀ ਅਤੇ ਦੂਜੇ ਵਿਸ਼ਵ ਯੁੱਧ ਤੋਂ ਬਾਦ ਜੁਲਾਈ 1945 ਵਿੱਚ ਬਰਤਾਨੀਆ ਸਰਕਾਰ ਨੇ ਭਾਰਤ ਦੀ ਸੰਵਿਧਾਨ ਸਭਾ ਦੇ ਨਿਰਮਾਣ ਲਈ ਇੱਕ ਕੈਬਿਨਟ ਮਿਸ਼ਨ ਜਿਸ ਵਿੱਚ 03 ਮੰਤਰੀ ਸ਼ਾਮਿਲ ਸਨ ਭਾਰਤ ਭੇਜਿਆ। ਸੰਵਿਧਾਨ ਸਭਾ ਦੇ ਮੈਂਬਰ ਭਾਰਤ ਦੇ ਰਾਜਾਂ ਦੀਆਂ ਸਭਾਵਾਂ ਦੇ ਚੁਣੇ ਹੋਏ ਮੈਂਬਰਾਂ ਦੁਆਰਾ ਬਣਾਏ ਗਏ ਸਨ। ਇਸ ਸਬੰਧੀ ਕੁੱਲ 12 ਸੈਸ਼ਨ ਹੋਏ ਜਿਸ ਵਿੱਚ ਪਹਿਲਾ ਸੈਸ਼ਨ 09 ਤੋਂ 23 ਦਸੰਬਰ 1946 ਤੱਕ, ਦੂਜਾ ਸੈਸ਼ਨ 20 ਤੋਂ 25 ਜਨਵਰੀ 1947 ਤੱਕ, ਤੀਜ਼ਾ ਸੈਸ਼ਨ 28 ਅਪ੍ਰੈਲ ਤੋਂ 02 ਮਈ 1947 ਤੱਕ, ਚੋਥਾ ਸੈਸ਼ਨ 13-14 ਜੁਲਾਈ 1947, ਪੰਜਵਾਂ ਸੈਸ਼ਨ 14 ਤੋਂ 30 ਅਗੱਸਤ 1947 ਤੱਕ, ਛੇਵਾਂ ਸੈਸ਼ਨ  27 ਜਨਵਰੀ 1948 ਨੂੰ, ਸੱਤਵਾਂ ਸੈਸ਼ਨ 04 ਨਵੰਬਰ 1948 ਤੋਂ 08 ਜਨਵਰੀ 1949 ਤੱਕ, ਅੱਠਵਾਂ ਸੈਸ਼ਨ 16 ਮਈ ਤੋਂ 16 ਜੂਨ 1949 ਤੱਕ, ਨੌਵਾਂ ਸੈਸ਼ਨ 30 ਜੁਲਾਈ ਤੋਂ 18 ਸਤੰਬਰ 1949 ਤੱਕ, ਦਸਵਾਂ ਸੈਸ਼ਨ 6 ਤੋਂ 17 ਅਕਤੂਬਰ 1949 ਤੱਕ, ਗਿਆਰਵਾਂ ਸੈਸ਼ਨ 14 ਤੋਂ 26 ਨਵੰਬਰ 1949 ਤੱਕ ਅਤੇ ਬਾਰਵਾਂ ਸੈਸ਼ਨ 24 ਜਨਵਰੀ 1950 ਨੂੰ  ਹੋਇਆ। ਸੰਵਿਧਾਨ ਨੂੰ ਤਿਆਰ ਕਰਨ ਲਈ ਇੱਕ ਕਮੇਟੀ ਬਣਾਈ ਗਈ  ਜਿਸ ਵਿੱਚ ਕੁੱਲ 389 ਮੈਂਬਰ ਸਨ ਜਿਨ੍ਹਾਂ ਵਿੱਚ ਪੰਡਿਤ ਜਵਾਹਰ ਲਾਲ ਨਹਿਰੂ, ਡਾਕਟਰ ਰਾਜਿੰਦਰ ਪ੍ਰਸਾਦ, ਸੰਜੇ ਫਾਕੇ, ਸੰਦੀਪ ਕੁਮਾਰ ਪਟੇਲ, ਨਲਿਨੀ ਰੰਜਨ ਘੋਸ਼, ਬਲਵੰਤ ਰਾਏ ਮਹਿਤਾ, ਸਰਦਾਰ ਵੱਲਭ ਭਾਈ ਪਟੇਲ, ਸ਼ਿਆਮਾ ਪ੍ਰਸਾਦ ਮੁਖਰਜੀ, ਮੌਲਾਨਾ ਅਬਦੁਲ ਕਲਾਮ ਆਜ਼ਾਦ ਆਦਿ ਇਸ ਸਭਾ ਦੇ ਪ੍ਰਮੁੱਖ ਮੈਂਬਰ ਸ਼ਾਮਲ ਸਨ। ਇਸ ਸਭਾ ਵਿੱਚ ਲੱਗਭੱਗ 30 ਮੈਂਬਰ ਅਨੁਸੂਚਿਤ ਜਾਤਾਂ ਨਾਲ ਸਬੰਧਿਤ ਸਨ, ਫਰਾਂਕ ਐਂਥੋਨੀ  ਐਂਗਲੋਂ-ਇੰਡੀਅਨ ਕਮਿਉਨਿਟੀ ਦੀ ਪ੍ਰਤੀਨਿਧਤਾ ਕਰ ਰਹੇ ਸਨ, ਐਚ ਪੀ ਮੋਦੀ ਪਾਰਸੀਆਂ ਦੀ ਪ੍ਰਤੀਨਿਧਤਾ ਕਰ ਰਹੇ ਸਨ। ਮਾਇਨਾਰਿਟੀ ਕਮੇਟੀ ਦੇ ਚੇਅਰਮੈਨ ਹਰਿੰਦਰ ਕੂਮਰ ਮੁਕਰਜੀ ਇਸਾਈਆਂ ਦੀ ਪ੍ਰਤੀਨਿਧਤਾ ਕਰ ਰਹੇ ਸਨ, ਅਰੀ ਬਹਾਦੁਰ ਗੁਰਰੰਗ ਗੋਰਖਿਆਂ ਦੀ ਪ੍ਰਤੀਨਿਧਤਾ ਕਰ ਰਹੇ ਸਨ। ਸਿੱਖਾਂ ਦੀ ਪ੍ਤੀਨਿਧਤਾ ਕਰ ਰਹੇ ਸਰਦਾਰ  ਹੁਕਮ  ਸਿੰਘ ਨੇ ਇਹ ਕਹਿਕੇ ਸੰਵਿਧਾਨ ਡਰਾਫਟ ਤੇ ਦਸਤਖੱਤ ਨਹੀਂ ਕੀਤੇ ਸਨ ਕਿ ਇਸ ਵਿੱਚ ਸਿੱਖਾਂ ਦੀ ਵਖਰੀ ਪਹਿਚਾਣ ਅਤੇ ਅਧਿਕਾਰ ਸੁਰੱਖਿਅਤ ਨਹੀਂ ਹਨ । ਇਸ ਕਮੇਟੀ ਵਿੱਚ ਸਰੋਜਿਨੀ ਨਾਇਡੂ, ਹਾਂਸਾ ਮਹਿਤਾ, ਦੁਰਗਾਬਾਈ ਦੇਸ਼ਮੁਖ, ਰਾਜ ਕੁਮਾਰੀ ਅਮਿ੍ਰਤ ਕੌਰ, ਵਿਜੈਲਕਸ਼ਮੀ ਪੰਡਿਤ ਵਗਗੀਆਂ ਉੱਘੀਆਂ ਮਹਿਲਾ ਆਗੂ ਵੀ ਸ਼ਾਮਿਲ ਸਨ। ਇਸ ਕਮੇਟੀ ਦੀ ਪਹਿਲੇ ਦੋ ਦਿਨ ਦੀ ਅਸਥਾਈ ਮੀਟਿੰਗ ਦੀ ਪ੍ਰਧਾਨਗੀ ਡਾਕਟਰ ਸਚਿੰਦਾ ਨੰਦਾ ਸਿਨਹਾ ਨੇ ਕੀਤੀ ਅਤੇ ਫਿਰ ਰਾਜਿੰਦਰ ਪ੍ਰਸਾਦ ਨੂੰ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ। ਸੰਵਿਧਾਨ ਸਭਾ ਦੀ ਪਹਿਲੀ ਮੀਟਿੰਗ 9 ਦਸੰਬਰ 1946 ਨੂੰ ਹੋਈ। 14 ਅਗੱਸਤ 1947 ਨੂੰ ਸੰਿਵਧਾਨ ਸਭਾ ਦੀ ਹੋਈ ਮੀਟਿੰਗ ਵਿੱਚ ਵੱਖ ਵੱਖ ਕਮੇਟੀਆਂ ਬਣਾਉਣ ਦਾ ਫੈਸਲਾ ਕੀਤਾ ਗਿਆ ਜਿਸ ਵਿੱਚ ਮੌਲਿਕ ਅਧਿਕਾਰਾਂ ਸਬੰਧੀ ਕਮੇਟੀ, ਸੰਘੀ ਸ਼ਕਤੀ ਕਮੇਟੀ ਅਤੇ ਸੰਘੀ ਸੰਵਿਧਾਨ ਕਮੇਟੀ ਸ਼ਾਮਿਲ ਸੀ। 29 ਅਗਸਤ 1947 ਨੂੰ ਸੰਵਿਧਾਨ ਦੀ ਡਰਾਫਟਿੰਗ ਕਮੇਟੀ ਬਣਾਈ ਗਈ ਜਿਸਦੇ ਚੇਅਰਮੈਨ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਬਣਾਇਆ ਗਿਆ। ਇਸ ਕਮੇਟੀ ਵਿੱਚ 6 ਹੋਰ ਮੈਂਬਰ ਪੰਡਿਤ ਗੋਬਿੰਦ ਵਲਭ ਪੰਤ, ਕੇ ਐਮ ਮੁਨਸ਼ੀ ਸਾਬਕਾ ਗਿਹ ਮੰਤਰ ਬੰਬੇ, ਅਲਾਦੀ ਿਸ਼ਨਾਸਵਾਮੀ ਅਈਅਰ ਸਾਬਕਾ ਐਡਵੋਕੇਟ ਜਨਰਲ ਮਦਰਾਸ ਰਾਜ, ਐਨ ਗੋਪਾਲਾਸਵਾਮੀ ਐਂਇਗਰ ਸਾਬਕਾ ਪ੍ਰਧਾਨ ਮੰਤਰੀ ਜੰਮੂ ਕਸ਼ਮੀਰ, ਬੀ ਐਲ ਮਿਤਰ ਸਾਬਕਾ ਐਡਵੋਕੇਟ ਜਨਰਲ, ਮੁਹੰਮਦ ਸਾਦਉੱਲਾ ਸਾਬਕਾ ਮੁੱਖ ਮੰਤਰੀ ਅਸਾਮ ਅਤੇ ਮੁਸਲਿਮ ਲੀਗ ਮੈਂਬਰ ਅਤੇ ਡੀ ਪੀ ਖੈਤਾਨ ਉੱਘੇ ਵਕੀਲ ਅਤੇ ਖੈਤਾਨ ਵਪਾਰਿਕ ਘਰਾਣੇ ਦੇ ਮੈਂਬਰ ਸਨ। ਆਈ ਸੀ  ਐਸ ਅਧਿਕਾਰੀ ਸਰ ਬੈਨੇਗਲ ਨਾਰਸਿੰਗ ਰਾਓ ਜੋਕਿ ਬੰਗਾਲ ਹਾਈ ਕੌਰਟ ਦੇ ਜੱਜ ਰਹੇ ਨੂੰ ਸੰਵਿਧਾਨਿਕ ਸਲਾਹਕਾਰ ਬਣਾਇਆ ਗਿਆ। ਬਾਦ ਵਿੱਚ ਇੱਕ ਮੈਂਬਰ ਬੀ ਐਲ ਮਿਤਰ ਸਾਬਕਾ ਐਡਵੋਕੇਟ ਜਨਰਲ ਨੇ ਅਸਤੀਫਾ ਦੇ ਦਿਤਾ ਤੇ ਉਨ੍ਹਾਂ ਦੀ ਥਾਂ ਮਾਧਵ ਰਾਓ ਕਨੂੰਨੀ ਸਲਾਹਕਾਰ ਮਹਾਰਾਜਾ ਬੜੋਦਾ ਨੂੰ ਮੈਂਬਰ ਲਿਆ ਗਿਆ। ਡੀ ਪੀ ਖੈਤਾਨ ਉੱਘੇ ਵਕੀਲ ਅਤੇ ਖੈਤਾਨ ਵਪਾਰਿਕ ਘਰਾਣੇ ਦੇ ਮੈਂਬਰ ਦੀ ਮੋਤ ਹੋਣ ਕਾਰਨ ਟੀ ਟੀ ਿਸ਼ਨਾਮਾਚਾਰੀ ਨੂੰ ਕਮੇਟੀ ਮੈਂਬਰ ਬਣਾਇਆ ਗਿਆ। ਸੰਵਿਧਾਨ ਸਭਾ ਨੇ 2 ਸਾਲ, 11 ਮਹੀਨੇ ਅਤੇ 18 ਦਿਨ ਵਿੱਚ ਲੱਗਭੱਗ 166 ਦਿਨ ਵੱਖ ਵੱਖ ਵਰਗਾਂ ਦੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ। ਇਸ ਦੀਆਂ ਬੈਠਕਾਂ ਵਿੱਚ ਪ੍ਰੈਸ ਅਤੇ ਜਨਤਾ ਨੂੰ ਭਾਗ ਲੈਣ ਦੀ ਅਜ਼ਾਦੀ ਸੀ। ਡਰਾਫਟਿੰਗ ਕਮੇਟੀ ਵਲੋਂ ਡਰਾਫਟ ਸੰਵਿਧਾਨ ਤਿਆਰ ਕਰਕੇ 04 ਨਵੰਬਰ, 1947 ਨੂੰ ਸਭਾ ਨੂੰ ਪੇਸ ਕੀਤਾ ਗਿਆ। ਡਰਾਫਟ ਸਬੰਧੀ ਸੰਵਿਧਾਨ  ਸਭਾ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ 2 ਸਾਲਾਂ ਦੌਰਾਨ ਲੱਗਭੱਗ 2000 ਸੋਧ ਕੀਤੇ ਗਏ। ਭਾਰਤੀ ਸੰਵਿਧਾਨ ਵਿੱਚ ਦੂਜੇ ਦੇਸ਼ਾਂ ਦੇ ਸੰਵਿਧਾਨਾਂ ਤੋਂ ਕਾਫੀ ਕੁੱਝ ਲਿਆ ਗਿਆ ਹੈ। ਇਸ ਤਰਾਂ ਭਾਰਤੀ ਸੰਵਿਧਾਨ ਤੇ ਦੂਜੇ ਸੰਵਿਧਾਨਾਂ ਦਾ ਕਾਫੀ ਪ੍ਰਭਾਵ ਪਿਆ ਹੈ ਜਿਨ੍ਹਾਂ ਵਿੱਚ ਬਿਟਿ੍ਰਸ਼ ਸੰਵਿਧਾਨ, ਅਸਟ੍ਰੇਲੀਆ ਦਾ ਸੰਵਿਧਾਨ, ਸੰਯੁਕਤ ਰਾਜਾਂ ਦਾ ਸੰਵਿਧਾਨ, ਸੋਵੀਅਤ ਯੂਨੀਅਨ ਦਾ ਸੰਵਿਧਾਨ, ਕਨੇਡਾ ਦਾ ਸੰਵਿਧਾਨ, ਫਰਾਂਸ ਦਾ ਸੰਵਿਧਾਨ, ਜਰਮਨ ਦਾ ਸੰਵਿਧਾਨ, ਦੱਖਣੀ ਅਫਰੀਕਾ ਅਤੇ ਜਪਾਨ ਦੇ ਸੰਵਿਧਾਨ ਪ੍ਰਮੁੱਖ ਹਨ। ਅੱਜ ਦੇ ਦਿਨ 26 ਨਵੰਬਰ 1949 ਨੂੰ ਭਾਰਤੀ ਸੰਵਿਧਾਨ ਸਬੰਧੀ ਸਾਰੀ ਕਾਰਵਾਈ ਮੁਕੰਮਲ ਹੋ ਗਈ ਸੀ ਅਤੇ ਸਵਿੰਧਾਨ ਸਭਾ ਨੇ ਭਾਰਤੀ ਸੰਵਿਧਾਨ ਨੂੰ ਸਵਿਕਾਰ ਕਰ ਲਿਆ ਸੀ। ਭਾਰਤੀ ਸੰਵਿਧਾਨ 26 ਨਵੰਬਰ 1949 ਨੂੰ ਪਾਸ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ। ਭਾਰਤ ਦੇ ਸੰਵਿਧਾਨ ਨੂੰ ਤਿਆਰ ਕਰਨ ਵਿੱਚ 2 ਸਾਲ, 11 ਮਹੀਨੇ ਅਤੇ 18 ਦਿਨ ਲੱਗੇ। ਭਾਰਤ ਦਾ ਸੰਵਿਧਾਨ ਤਿਆਰ ਕਰਨ ਤੇ ਉਸ ਸਮੇਂ ਲੱਗਭੱਗ 6 ਕਰੋੜ ਰੁਪਏ ਖਰਚ ਹੋਏ। ਭਾਰਤ ਦਾ ਸੰਵਿਧਾਨ ਇੰਗਲੈਂਡ ਦੇ ਸੰਵਿਧਾਨ ਨਾਲ ਬਿਲਕੁੱਲ ਮਿਲਦਾ ਜੁਲਦਾ ਹੈ। ਇਸ ਵਿੱਚ ਲੱਗਭੱਗ 80 ਹਜ਼ਾਰ ਸ਼ਬਦ ਹਨ। ਭਾਰਤੀ ਸੰਵਿਧਾਨ ਦੇ ਆਰਟੀਕਲ 5,6,7,8,9,60,324,366, 367,379,380,388,391,392,393 ਅਤੇ 394 ਆਦਿ 26 ਨਵੰਬਰ, 1949 ਨੂੰ ਹੀ ਲਾਗੂ ਕੀਤੇ ਗਏ ਅਤੇ ਬਾਕੀ ਭਾਗ 26 ਜਨਵਰੀ, 1950 ਨੂੰ ਲਾਗੂ ਕੀਤਾ ਗਿਆ ਸੀ। ਇਸਤੇ ਕੁੱਲ 284 ਮੈਂਬਰਾਂ ਨੇ ਦਸਤਖੱਤ ਕੀਤੇ ਅਤੇ ਸੰਵਿਧਾਨ ਬਣਾਉਣ ਦੀ ਕਾਰਵਾਈ ਮੁਕੰਮਲ ਹੋ ਗਈ। 24 ਜਨਵਰੀ 1950 ਨੂੰ ਸਭਾ ਦੇ 308 ਮੈਂਬਰਾਂ ਨੇ ਸੰਵਿਧਾਨ ਦੀਆਂ ਦੋ ਕਾਪੀਆਂ ਇੱਕ ਅੰਗਰੇਜੀ ਵਿੱਚ ਅਤੇ ਇੱਕ ਹਿੰਦੀ ਵਿੱਚ ਤੇ ਅਪਣੇ ਦਸਤਖੱਤ ਕੀਤੇ। ਭਾਰਤੀ ਸੰਵਿਧਾਨ ਦੀ ਅਸਲੀ ਕਾਪੀ ਹੱਥ ਲਿਖਿਤ ਹੈ ਅਤੇ ਇਸਤੇ ਸ਼ਾਂਤੀਨਿਕੇਤਨ ਦੇ ਕਲਾਕਾਰਾਂ ਜਿਨ੍ਹਾਂ ਵਿੱਚ ਰਾਮ ਮਨੋਹਰ ਸਿਨਹਾ ਅਤੇ ਨੰਦ ਲਾਲ ਬੋਸ ਸ਼ਾਮਿਲ ਸਨ ਨੇ ਸਜ਼ਾਵਟ ਕੀਤੀ ਸੀ। 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਮੁਕੰਮਲ ਰੂਪ ਵਿੱਚ ਲਾਗੂ ਕੀਤਾ ਗਿਆ। 26 ਜਨਵਰੀ ਦਾ ਦਿਨ ਭਾਰਤੀ ਇਤਿਹਾਸ ਵਿੱਚ ਬਹੁਤ ਹੀ ਮਹੱਤਵਪੂਰਨ ਸੀ ਕਿਉਂਕਿ 26 ਜਨਵਰੀ 1930 ਨੂੰ ਹੀ ਕਾਂਗਰਸ ਨੇ ਸੰਪੂਰਨ ਸਵੈਰਾਜ ਦਿਵਸ ਮਨਾਇਆ ਸੀ ਅਤੇ ਮੁਕੰਮਲ ਅਜ਼ਾਦੀ ਦੀ ਲੜਾਈ ਸ਼ੁਰੂ ਕੀਤੀ ਸੀ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਸਾਲ 2015 ਵਿੱਚ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੀ 125ਵੀਂ ਜਯੰਤੀ ਮਨਾਉਣ ਦੀ ਘੋਸਣਾ ਕੀਤੀ ਗਈ ਤਾਂ ਨਾਲ ਹੀ 26 ਨਵੰਬਰ ਦਾ ਦਿਨ ਵੀ ਸੰਵਿਧਾਨ ਦਿਵਸ ਦੇ ਤੋਰ ਤੇ ਮਨਾਉਣ ਦੀ ਘੋਸ਼ਣਾ ਕੀਤੀ ਗਈ। ਭਾਰਤੀ ਸੰਵਿਧਾਨ ਅਤੇ ਡਾਕਟਰ ਅੰਬੇਡਕਰ ਨੂੰ ਸ਼ਰਧਾਂਜਲੀ ਦੇਣ ਲਈ 26 ਨਵੰਬਰ 2015 ਨੂੰ ਭਾਰਤੀ ਸੰਸਦ ਦਾ ਵਿਸ਼ੇਸ਼ ਸ਼ੈਸ਼ਨ ਹੋਇਆ ਅਤੇ ਸੰਸਦ ਭਵਨ ਤੇ ਵਿਸ਼ੇਸ਼ ਦੀਪਮਾਲਾ ਕੀਤੀ ਗਈ। ਖੇਡ ਵਿਭਾਗ ਨੇ ਰੱਨ ਫਾਰ ਇਕੁਆਲਿਟੀ ਦਾ ਆਯੋਜਨ ਕੀਤਾ। ਵਿਦੇਸ਼ ਮੰਤਰਾਲਿਆ ਨੇ ਵੀ ਸਮੂਹ ਵਿਦੇਸ਼ੀ ਭਾਰਤੀ ਸਕੂਲਾਂ ਨੂੰ ਵੀ ਸੰਵਿਧਾਨ ਦਿਵਸ ਮਨਾਉਣ ਦੀ ਹਦਾਇਤ ਕੀਤੀ ਅਤੇ ਸਮੂਹ ਦੂਤਘਰਾਂ ਨੂੰ ਵੀ ਭਾਰਤੀ ਸੰਵਿਧਾਨ ਨੂੰ ਉਸ ਦੇਸ਼ ਦੀ ਸਥਾਨਕ ਭਾਸ਼ਾ ਵਿੱਚ ਅਨੁਵਾਦ ਕਰਨ ਅਤੇ ਇਸਨੂੰ ਵੱਖ ਵੱਖ ਅਕੈਡਮੀਆਂ,ਲਾਇਬ੍ੇਰੀਆਂ ਆਦਿ ਵਿੱਚ ਵੰਡਣ ਲਈ ਕਿਹਾ ਹੈ। ਭਾਰਤੀ ਸੰਵਿਧਾਨ ਦਾ ਅਰਬੀ ਵਿੱਚ ਅਨੁਵਾਦ ਮੁਕੰਮਲ ਹੋ ਗਿਆ ਹੈ ਅਤੇ ਹੋਰ ਕਈ ਭਾਸ਼ਾਵਾਂ ਵਿੱਚ ਇਹ ਕੰਮ ਤੇਜੀ ਨਾਲ ਚੱਲ ਰਿਹਾ ਹੈ। ਇਸ ਸਾਲ ਵੀ ਸੰਵਿਧਾਨ ਦਿਵਸ ਨੂੰ ਵੱਡੇ ਪੱਧਰ ਤੇ ਮਨਾਉਣ ਲਈ 25 ਅਤੇ 26 ਨਵੰਬਰ ਨੂੰ ਗੁਜਰਾਤ ਦੇ  ਕੇਵਦਿਆ ਵਿਖੇ ਵਿਸ਼ੇਸ਼ ਸਮਾਗਮ ਆਯੋਜਿਤ  ਕੀਤਾ ਜਾ ਰਿਹਾ ਹੈ ਅਤੇ ਇਸਨੂੰ ਰਾਸ਼ਟਰੀ ਕਨੂੰਨ ਦਿਵਸ ਵਜੋਂ ਵੀ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਰਾਸ਼ਟਰਪਤੀ,ਉੱਪ ਰਾਸ਼ਟਰਪਤੀ, ਪ੍ਧਾਨ ਮੰਤਰੀ ਅਤੇ ਕਈ ਹੋਰ ਪ੍ਮੁੱਖ ਵਿਅੱਕਤੀਆਂ ਸ਼ਾਮਿਲ ਹੋ ਰਹੇ ਹਨ। ਬੇਸ਼ੱਕ ਭਾਰਤੀ ਸੰਵਿਧਾਨ ਤਿਆਰ ਕਰਨ ਵਾਲਿਆਂ ਨੇ ਹਰ ਵਰਗ ਦਾ ਖਿਆਲ ਰੱਖਕੇ ਸੰਵਿਧਾਨ ਤਿਆਰ ਕੀਤਾ ਸੀ ਪ੍ਰੰਤੂ ਇਸਨੂੰ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਅਣਗਹਿਲੀ ਕਾਰਨ ਅਜੇ ਵੀ ਦੇਸ਼ ਦੇ ਕਈ ਘੱਟ ਗਿਣਤੀ ਵਰਗਾਂ ਵਿੱਚ ਬੇਚੈਨੀ ਅਤੇ ਅਸੰਤੁਸ਼ਟਤਾ ਪਾਈ ਜਾ ਰਹੀ ਹੈ। ਸਾਡੇ ਨੀਤੀ ਨਿਰਮਾਤਾਵਾਂ ਅਤੇ ਨੀਤੀਆਂ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਭਾਰਤੀ ਸੰਵਿਧਾਨ ਨੂੰ ਸਹੀ ਰੂਪ ਵਿੱਚ ਲਾਗੂ ਕਰਨਾ ਚਾਹੀਦਾ ਹੈ ਤਾਂ ਜੋ ਸੰਵਿਧਾਨ ਵਿੱਚ ਦੇਸ਼ ਦੇ ਵੱਖ ਵੱਖ ਵਰਗਾਂ ਦੀ ਸੁਰੱਖਿਆ ਅਤੇ ਖੁਸ਼ਹਾਲੀ ਦਾ ਲਾਭ ਸਹੀ ਅਰਥਾਂ ਵਿੱਚ ਉਨ੍ਹਾਂ ਵਰਗਾਂ ਤੱਕ ਪਹੁੰਚ ਸਕੇ ਅਤੇ ਹਰ ਵਰਗ ਅਪਣੇ ਆਪ ਨੂੰ ਸੱਚਾ ਭਾਰਤੀ ਹੋਣ ਤੇ ਮਾਣ ਮਹਿਸੂਸ ਕਰ ਸਕੇ। - ਕੁਲਦੀਪ ਚੰਦ